Caru News
‘ਆਪ’ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਕੰਗਨਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਸੰਮਨ ਸਿੱਖ ਸਮਾਜ ‘ਤੇ ਕੀਤੀ ਗਈ ਕੋਝਾ ਅਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਪੀਸ ਐਂਡ ਹਾਰਮਨੀ ਕਮੇਟੀ ਦੇ ਚੇਅਰਮੈਨ ਹਨ। ਧਿਆਨ ਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਭਿਨੇਤਰੀ ਕੰਗਨਾ ਰਣੌਤ ਖਿਲਾਫ ਇੰਸਟਾਗ੍ਰਾਮ ‘ਤੇ ਸਿੱਖ ਭਾਈਚਾਰੇ ਖਿਲਾਫ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਕਮੇਟੀ ਵੱਲੋਂ ਜਾਰੀ ਬਿਆਨ ਅਨੁਸਾਰ ਰਣੌਤ ਵਿਰੁੱਧ ਇਹ ਸ਼ਿਕਾਇਤ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ ਵਿੱਚ ਦਰਜ ਕਰਵਾਈ ਗਈ ਹੈ। ਕਮੇਟੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਆਪਣੀ ਤਾਜ਼ਾ ਪੋਸਟ ਵਿੱਚ, ਰਣੌਤ ਨੇ “ਜਾਣ ਬੁੱਝ ਕੇ” ਕਿਸਾਨਾਂ ਦੇ ਵਿਰੋਧ ਨੂੰ ‘ਖਾਲਿਸਤਾਨੀ ਅੰਦੋਲਨ’ ਦੱਸਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਭਿਨੇਤਰੀ ਨੇ ਸਿੱਖ ਭਾਈਚਾਰੇ ਵਿਰੁੱਧ “ਇਤਰਾਜ਼ਯੋਗ ਅਤੇ ਅਪਮਾਨਜਨਕ” ਭਾਸ਼ਾ ਦੀ ਵਰਤੋਂ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿਆਨ ਅਨੁਸਾਰ, “…ਇਹ ਪੋਸਟ ਜਾਣਬੁੱਝ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਤਿਆਰ ਕੀਤੀ ਗਈ ਸੀ।” ਅਤੇ ਇਸਨੂੰ ਅਪਰਾਧਿਕ ਇਰਾਦੇ ਨਾਲ ਸਾਂਝਾ ਕੀਤਾ ਗਿਆ ਸੀ। ”